287
ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1।