246
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥