ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, ( ਜਦੋਂ ਉਹ ਸਾਡੀ ਅਰਦਾਸ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।
Daily Hukamnama
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।
ਅੰਗ: 690 | 31-08-2021
ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ
ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।
ਅੰਗ: 755 | 30-08-2021
ਸੂਹੀ ਮਹਲਾ ੫ ॥
ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ। ਕਲੇਸ਼ਾਂ ਭਰੇ ਜੀਵਨ ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, ਇਕ ਹਰਿ ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ ॥੧॥ ਗੁਰੂ ਦੇ ਚਰਨਾਂ ਦੀ ਧੂੜ ਮੱਥੇ ਉਤੇ ਲਾ ਲਈ, ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ।
ਅੰਗ: 744 | 29-08-2021
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।
ਅੰਗ: ਅੰਗ: 727 | 28-08-21
ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ , ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।
ਅੰਗ: 601| 27-08-2021
ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।
ਅੰਗ: 647 | 26-08-2021
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ
ਅੰਗ: 723 । 25-08-2021
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ – ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ ਰਸ ਵੱਜਣ ਲੱਗ ਪਏ ਹਨ
ਅੰਗ: 656 । 24-08-2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।
ਅੰਗ: 639 । 23 ਅਗਸਤ 2021
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।
ਅੰਗ: 686 । 22-08-2021
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।
ਅੰਗ: 673 । 21-08-2021