418
ਵਡਹੰਸੁ ਮਹਲਾ ੩ ॥
ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥
ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ।