421
ਸੂਹੀ ਮਹਲਾ ੧
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥
(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ, ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ ਭਟਕਦੇ ਨਹੀਂ ਫਿਰਦੇ।