419
ਧਨਾਸਰੀ ਮਹਲਾ ੧ ॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ।