305
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥