ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ ।੧। ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।
guru granth sahib quotes
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥
ਅੰਗ: 633 | 30-09-2022
ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਗੁਰੂ ਦੀ ਸਰਨ ਪੈਣ ਵਾਲੇ ਨੂੰ ਫਿਰ ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ ਤੇ ਸਦਾ ਲਈ ਇਹ ਟੈਂਟਾ ਖਤਮ ਹੋ ਜਾਂਦਾ ਹੈ ਅਤੇ ਉਸ ਨੂੰ ਇੱਜ਼ਤ ਮਿਲਦੀ ਹੈ। ਜੇਹੜੇ ਸਦਾ ਥਿਰ ਹਰੀ ਦੇ ਪ੍ਰੇਮ ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।
ਅੰਗ: 571| 28 -09-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 27-09-2022
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਅੰਗ: 637 | 26-09-2022
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।
ਅੰਗ: 704 | 25-09-2022
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ।
ਅੰਗ: 650 | 23-09-2022
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥
ਅੰਗ: 652 | 22-09-2022
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥
ਅੰਗ: 696 | 21-09-2022
ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥
ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ।
ਅੰਗ: 545 | 20-09-2022
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ ਸਾਲਾਹ ਕਰਦਾ ਰਹਾਂ। ਹੇ ਮਾਲਕ ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ ਭਰ ਇਕ ਛਿਨ ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਅੰਗ: 601 | 19-09-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 18-09-2022