ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
mukhwak
ਬਿਲਾਵਲੁ ਮਹਲਾ ੫ ॥
ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥
(ਹੇ ਭਾਈ! ਬੇਨਤੀ ਕਰਿਆ ਕਰ) ਹੇ ਪ੍ਰਭੂ! (ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ। ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ ॥੧॥ ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੧॥ ਰਹਾਉ॥
ਅੰਗ: 837 | 19-12-2022
ਬਿਲਾਵਲੁ ਮਹਲਾ ੫॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ॥ ਰਹਾਉ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ, ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ॥੧॥
ਅੰਗ: 807| 18-12-2022
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ।
ਅੰਗ: 688 | 17-12-2022
ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
ਅੰਗ: 647 | 16-12-2022
ਸੋਰਠਿ ਮਹਲਾ ੧ ॥
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥
ਅੰਗ: 636 | 15-12-2022
ਸੂਹੀ ਮਹਲਾ ੩ ॥
ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧ ॥
ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ ਥਿਰ ਪ੍ਰਭੂ ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! (ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧।
ਅੰਗ: 754| 14-12-2022
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ
(ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥
ਅੰਗ: 692 | 13-12-2022
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥
ਅੰਗ: 706 | 12-12-2022
ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥ ੧ ॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥
ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।੧। ਹੇ ਭਾਈ ! ਗੁਰੂ ਨੇ ਮੈਨੂੰ ਹਰਿ ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । ( ਮੇਰੇ ਅੰਦਰੋਂ ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ।
ਅੰਗ: 732 | 11-12-2022
ਵਡਹੰਸੁ ਮਹਲਾ ੩ ॥
ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥
ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ।
ਅੰਗ: 568| 10-12-2022
ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥
ਅੰਗ: 616 | 08-12-2022